ਲੋਕ ਸ਼ਨੀਵਾਰ ਅਤੇ ਐਤਵਾਰ ਨੂੰ ਬੇਲੋੜੀ ਯਾਤਰਾ ਤੋਂ ਗੁਰੇਜ਼ ਕਰਨ
ਗੁਰਦਾਸਪੁਰ, 18 ਅਗਸਤ ( ਮੰਨਨ ਸੈਣੀ) ਜ਼ਿਲਾ ਮੈਜਿਸਟਰੇਟ ਜਨਾਬ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਜ਼ਿਲੇ ਅੰਦਰ 31 ਜੁਲਾਈ 2020 ਨੂੰ ਲਾਕ ਡਾਊਨ, ਅਨਲੌਕ-3 ਤਹਿਤ ਸੀ.ਆਰ.ਪੀ.ਸੀ ਦੀ ਧਾਰਾ 144 ਲਾਗੂ ਕੀਤੀ ਗਈ ਸੀ । ਵਿਸ਼ੇਸ ਮੁੱਖ ਸਕੱਤਰ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਪੰਜਾਬ ਸਰਕਾਰ ਵਲੋਂ 17 ਅਗਸਤ 2020 ਨੂੰ ਜਾਰੀ ਕੀਤੇ ਹੁਕਮਾਂ ਦੀ ਲਗਾਤਾਰਤਾ ਵਿਚ ਰਾਜ ਦੇ ਸਾਰੇ ਸ਼ਹਿਰਾਂ ਵਿੱਚ ਕੁਝ ਗਤੀਵਿਧੀਆਂ ‘ਤੇ ਵਾਧੂ ਪਾਬੰਦੀਆਂ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਲਈ ਸਕੱਤਰ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਪੰਜਾਬ ਸਰਕਾਰ ਦੀਆਂ ਦਿੱਤੀਆਂ ਹਦਾਇਤਾਂ ਨੂੰ ਧਿਆਨ ਵਿਚ ਰੱਖਦਿਆਂ ਹੋਏ, ਜਿਲਾ ਗੁਰਦਾਸਪੁਰ ਦੀ ਹਦੂਦ ਅੰਦਰ 31 ਜੁਲਾਈ 2020 ਨੂੰ ਜਾਰੀ ਕੀਤੇ ਹੁਕਮਾਂ ਦੀ ਲਗਾਤਾਰਤਾ ਵਿਚ ਹੇਠ ਲਿਖੇ ਨਵੇਂ ਹੁਕਮ ਜਾਰੀ ਕੀਤੇ ਜਾਂਦੇ ਹਨ।
ਅਨਲੌਂਕ-3 ਤਹਿਤ ਰਾਜ ਦੇ ਸਾਰੇ ਸ਼ਹਿਰਾਂ ਵਿੱਚ ਕੁਝ ਗਤੀਵਿਧੀਆਂ ‘ਤੇ ਵਾਧੂ ਪਾਬੰਦੀਆਂ ਲਗਾਉਣ ਸਬੰਧੀ : ਸ਼ਹਿਰੀ ਖੇਤਰਾਂ ਵਿੱਚ ਕੋਵਿਡ -19 ਮਾਮਲਿਆਂ ਵਿੱਚ ਅਚਾਨਕ ਵਾਧਾ ਹੋਣ ਨਾਲ 18 ਅਗਸਤ 2020 ਤੋਂ ਅਗਲੇ ਆਦੇਸ਼ਾਂ ਤੱਕ ਜ਼ਿਲੇ ਅੰਦਰ ਸ਼ਹਿਰਾਂ ਦੀ ਮਿਊਂਸਿਪਲ ਹੱਦਾਂ ਦੇ ਅੰਦਰ ਵਾਧੂ ਪਾਬੰਦੀਆਂ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।
- ਰਾਤ ਦਾ ਕਰਫਿਊ ( ਰਾਤ 9 ਵਜੇ ਤੋਂ ਸਵੇਰੇ 5 ਵਜੇ ਤਕ)
ਸਾਰੀਆਂ ਗੈਰ-ਜ਼ਰੂਰੀ ਗਤੀਵਿਧੀਆਂ ਲਈ ਵਿਅਕਤੀਆਂ ਦੀ ਆਵਾਜਾਈ ‘ਤੇ ਜ਼ਿਲੇ ਦੇ ਸ਼ਹਿਰਾਂ ਦੀ ਮਿਊਂਸਿਪਲ ਹਦੂਦ ਦੇ ਅੰਦਰ ਰਾਤ 9.00 ਵਜੇ ਤੋਂ ਸਵੇਰੇ 5 ਵਜੇ ਤੱਕ ਪਾਬੰਦੀ ਰਹੇਗੀ। ਹਾਲਾਂਕਿ, ਮਲਟੀਪਲ ਸ਼ਿਫਟਾਂ ਦੇ ਸੰਚਾਲਨ, ਰਾਸ਼ਟਰੀ ਅਤੇ ਰਾਜ ਮਾਰਗਾਂ ‘ਤੇ ਵਿਅਕਤੀਆਂ ਅਤੇ ਜਰੂਰੀ ਚੀਜ਼ਾਂ ਦੀ ਆਵਾਜਾਈ ਅਤੇ ਸਮਾਨ ਨੂੰ ਉਤਾਰਨ ਅਤੇ ਬੱਸਾਂ, ਰੇਲ ਗੱਡੀਆਂ ਅਤੇ ਹਵਾਈ ਜਹਾਜ਼ਾਂ ਤੋਂ ਬਾਅਦ ਵਿਅਕਤੀਆਂ ਨੂੰ ਉਨਾਂ ਦੇ ਸਥਾਨਾਂ ‘ਤੇ ਜਾਣ ਸਮੇਤ ਲਿਆਉਣ-ਲਿਜਾਣ ਦੀ ਆਗਿਆ ਹੋਵੇਗੀ। ਇਸੇ ਤਰਾਂ 2-3 ਸ਼ਿਫਟਾਂ ਵਿੱਚ ਚੱਲ ਰਹੇ ਉਦਯੋਗ ਵੀ ਖੁੱਲੇ ਰਹਿਣਗੇ। - ਰੈਸਟੋਰੈਂਟ, ਹੋਟਲ ਅਤੇ ਹੋਰ ਪਰਾਹੁਣਚਾਰੀ ਦੀਆਂ ਇਕਾਈਆਂ ਰਾਤ 8.30 ਵਜੇ ਤੱਕ ਖੁੱਲੀਆਂ ਰਹਿਣਗੀਆਂ। ਦੁਕਾਨਾਂ ਅਤੇ ਸ਼ਾਪਿੰਗ ਮਾਲ ਸ਼ਾਮ 8 ਵਜੇ ਤੱਕ ਖੁੱਲੇ ਰਹਿਣਗੇ। ਸ਼ਾਪਿੰਗ ਮਾਲਾਂ ਵਿੱਚ ਸਥਿਤ ਰੈਸਟੋਰੈਂਟ / ਹੋਟਲ ਅਤੇ ਸ਼ਰਾਬ ਦੇ ਠੇਕੇ ਰਾਤ 8.30 ਵਜੇ ਤੱਕ ਖੁੱਲੇ ਰਹਿਣਗੇ।
- ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸ਼ਨੀਵਾਰ ਅਤੇ ਐਤਵਾਰ ਨੂੰ ਬੇਲੋੜੀ ਯਾਤਰਾ ਤੋਂ ਗੁਰੇਜ਼ ਕਰਨ। ਜ਼ਿਲੇ ਅੰਦਰ ਦੁਕਾਨਾਂ (ਜ਼ਰੂਰੀ ਚੀਜ਼ਾਂ ਦਾ ਕਾਰੋਬਾਰ ਕਰਨ ਵਾਲਿਆਂ ਤੋਂ ਇਲਾਵਾ) ਅਤੇ ਸ਼ਾਪਿੰਗ ਮਾਲ 31 ਜੁਲਾਈ 2020 ਨੂੰ ਜਾਰੀ ਕੀਤੀਆਂ ਹਦਾਇਤਾਂ ਤਹਿਤ ਪਹਿਲਾਂ ਦੀ ਤਰਾਂ ਐਤਵਾਰ ਨੂੰ ਬੰਦ ਰਹਿਣਗੀਆਂ/ਰਹਿਣਗੇ।
ਇਹ ਹੁਕਮ 18 ਅਗਸਤ 2020 ਤੋਂ ਲਾਗੂ ਹੋਣਗੇ।