ਕੋਰੋਨਾ ਵਾਇਰਸ ਦੇ ਲੱਛਣ ਹੋਣ ‘ਤੇ ਕੋਰੋਨਾ ਟੈਸਟ ਜਰੂਰ ਕਰਵਾਇਆ ਜਾਵੇ-ਡਾ. ਅਠਵਾਲ
ਗੁਰਦਾਸਪੁਰ, 24 ਅਗਸਤ (ਮੰਨਨ ਸੈਣੀ ) ਸਿਹਤ ਵਿਭਾਗ ਵਲੋਂ ਲੋਕਾਂ ਨੂੰ ਕੋਰੋਨਾ ਵਾਇਰਸ ਵਿਰੁੱਧ ਜਾਗਰੂਕ ਕਰਨ ਲਈ ਵਿਸ਼ੇਸ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤਹਿਤ ਅੱਜ ਕਲਾਨੌਰ ਵਿਖੇ ਡਾ. ਲਖਵਿੰਦਰ ਸਿੰਘ ਅਠਵਾਲ ਐਸ.ਐਮ.ਓ ਵਲੋਂ ਹੈਲਥ ਵਰਕਰ ਤੇ ਪੁਲਿਸ ਵਿਭਾਗ ਦੀ ਟੀਮ ਨਾਲ ਬਜਾਰਾਂ ਵਿਚ ਫਲੈਗ ਮਾਰਚ ਕਰਕੇ ਲੋਕਾਂ ਨੂੰ ਕੋਰੋਨਾ ਵਾਇ੍ਰਸ ਤੋਂ ਬਚਾਅ ਲਈ ਜਾਗਰੂਕ ਕੀਤਾ।
ਡਾ. ਅਠਵਾਲ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਦੀ ਅਗਵਾਈ ਹੇਠ ਅਤੇ ਸਿਵਲ ਸਰਜਨ ਡਾ. ਕਿਸ਼ਨ ਚੰਦ ਦੀ ਰਹਿਨੁਮਾਈ ਹੇਠ ਬਜਾਰਾਂ ਵਿਚ ਦੁਕਾਨਦਾਰਾਂ ਅਤੇ ਲੋਕਾਂ ਨੂੰ ਕੋਰੋਨਾ ਵਿਰੁੱਧ ਜਾਗਰੂਕ ਕੀਤਾ ਜਾ ਰਿਹਾ ਹੈ। ਉਨਾਂ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਦੁਕਾਨਾਂ ਵਿਚ ਗਾਹਕਾਂ ਦੀ ਭੀੜ ਇਕੱਠੀ ਨਾ ਹੋਣ ਦੇਣ ਅਤੇ ਸ਼ੋਸਲ ਡਿਸਟੈਂਸ ਮੈਨਟੇਨ ਕਰਕੇ ਰੱਖਣ। ਉਨਾਂ ਕਿਹਾ ਕਿ ਉਹ ਆਪ ਵੀ ਮਾਸਕ ਪਹਿਨ ਕੇ ਰੱਖਣ ਅਤੇ ਗਾਹਕਾਂ ਨੂੰ ਵੀ ਮਾਸਕ ਪਹਿਨਣ ਲਈ ਜਾਗਰੂਕ ਕਰਨ। ਉਨਾਂ ਕਿਹਾ ਕਿ ਗਾਹਕਾਂ ਨਾਲ ਗੱਲਬਾਤ ਦੌਰਾਨ ਮਾਸਕ ਜਰੂਰ ਪਾ ਕੇ ਰੱਖਿਆ ਜਾਵੇ ਅਤੇ ਦੁਕਾਨਾਂ ਵਿਚ ਹੱਥਾ ਨੂੰ ਸੈਨੀਟਾਇਜ਼ ਕਰਨ ਨੂੰ ਯਕੀਨੀ ਬਣਾਇਆ ਜਾਵੇ। ਇਸ ਮੌਕੇ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਮਾਸਕ ਨਾ ਪਾਉਣ ਵਾਲਿਆਂ ਵਿਰੁੱਧ ਸਖਤ ਕਰਵਾਈ ਕੀਤੀ ਜਾ ਰਹੀ ਹੈ ਅਤੇ ਸ਼ੋਸਲ ਡਿਸਟੈਸ ਮੈਨਟੇਨ ਰੱਖਣ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।
ਐਸ.ਐਮ.ਓ ਡਾ. ਅਠਵਾਲ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਕੋਰੋਨਾ ਬਿਮਾਰੀ ਦਾ ਲੱਛਣ ਜਿਵੇਂ ਬੁਖਾਰ, ਖੰਘ, ਸੁੱਕੀ ਘੰਘ, ਜੁਕਾਮ ਜਾਂ ਸਾਹ ਲੈਣ ਵਿਚ ਮੁਸ਼ਕਿਲ ਪੇਸ਼ ਆਵੇ ਤਾਂ ਤੁਰੰਤ ਉਸ ਨੂੰ ਆਪਣਾ ਕੋਰੋਨਾ ਟੈਸਟ ਕਰਵਾਉਣਾ ਚਾਹੀਦਾ ਹੈ। ਉਨਾਂ ਦੱਸਿਆ ਕਿ ਕਮਿਊਨਿਟੀ ਹੈਲਥ ਸੈਂਟਰ, ਕਲਾਨੋਰ ਵਿਖੇ ਕੋਰੋਨਾ ਟੈਸਟ ਕੀਤਾ ਜਾਂਦਾ ਹੈ ਅਤੇ ਕੋਰੋਨਾ ਟੈਸਟ ਕਰਵਾਉਣ ਤੋਂ ਘਬਰਾਉਣਾ ਨਹੀਂ ਚਾਹੀਦਾ ਹੈ।