ਕੋਰੋਨਾ ਦਾ ਟੈਸਟ ਕਰਾ ਕੇ ਵਾਇਰਸ ਦੇ ਅੱਗੇ ਫੈਲਾਅ ਨੂੰ ਰੋਕਿਆ ਜਾ ਸਕਦਾ ਹੈ
ਬਟਾਲਾ, 29 ਅਗਸਤ ( ਮੰਨਨ ਸੈਣੀ ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨ। ਉਨਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਵਲੋਂ ਕੋਰੋਨਾ ਦੇ ਮਰੀਜ਼ਾਂ ਦਾ ਪਤਾ ਲਗਾਉਣ ਲਈ ਵੱਧ ਤੋਂ ਵੱਧ ਟੈਸਟ ਕੀਤੇ ਜਾ ਰਹੇ ਹਨ ਅਤੇ ਲੋਕਾਂ ਨੂੰ ਆਪਣੀ ਸਿਹਤ, ਆਪਣੇ ਪਰਿਵਾਰ ਤੇ ਸਮਾਜ ਦੀ ਸਿਹਤ ਦਾ ਖਿਆਲ ਰੱਖਦੇ ਹੋਏ ਖੁਦ ਟੈਸਟ ਕਰਾਉਣ ਲਈ ਅੱਗੇ ਆਉਣਾ ਚਾਹੀਦਾ ਹੈ।
ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਕਿਹਾ ਕਿ ਕੋਰੋਨਾ ਦਾ ਇੱਕ ਟੈਸਟ ਕਰਨ ਉੱਪਰ 4000 ਰੁਪਏ ਖਰਚ ਆਉਂਦਾ ਹੈ ਪਰ ਸਰਕਾਰ ਵਲੋਂ ਲੋਕਾਂ ਦਾ ਇਹ ਟੈਸਟ ਬਿਲਕੁਲ ਮੁਫ਼ਤ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਟੈਸਟ ਕਰਨ ਦਾ ਲਾਭ ਇਹ ਹੁੰਦਾ ਹੈ ਕਿ ਜੇਕਰ ਕੋਈ ਵਿਅਕਤੀ ਕੋਰੋਨਾ ਪਾਜ਼ਿਟਿਵ ਆ ਜਾਂਦਾ ਹੈ ਤਾਂ ਉਸ ਨੂੰ ਉਸਦੇ ਘਰ ਵਿੱਚ ਹੀ ਇਕਾਂਤਵਾਸ ਕਰ ਦਿੱਤਾ ਜਾਂਦਾ ਹੈ ਜਿਸ ਕਾਰਨ ਉਸ ਤੋਂ ਅੱਗੇ ਹੋਰ ਲੋਕਾਂ ਤੱਕ ਇਹ ਬਿਮਾਰੀ ਨਹੀਂ ਫੈਲਦੀ। ਉਨਾਂ ਕਿਹਾ ਕਿ ਲੋਕਾਂ ਨੂੰ ਕੋਰੋਨਾ ਟੈਸਟ ਕਰਾਉਣ ਤੋਂ ਘਬਰਾਉਣਾ ਨਹੀਂ ਚਾਹੀਦਾ ਬਲਕਿ ਖੁਦ ਅੱਗੇ ਹੋ ਕੇ ਟੈਸਟ ਕਰਾਉਣਾ ਚਾਹੀਦਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਕੋਰੋਨਾ ਕੇਸਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ ਜਿਸ ਕਾਰਨ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਹੋਰ ਅਹਿਤਿਆਤ ਵਰਤਣ ਦੀ ਲੋੜ ਹੈ। ਉਨਾਂ ਕਿਹਾ ਕਿ ਭਾਂਵੇ ਤੰਦਰੁਸਤ ਵਿਅਕਤੀ ਨੂੰ ਕੋਰੋਨਾ ਵਾਇਰਸ ਨਾਲ ਨੁਕਸਾਨ ਪਹੁੰਚਣ ਦੀ ਸੰਭਾਵਨਾ ਘੱਟ ਹੁੰਦੀ ਹੈ ਪਰ ਹਰ ਘਰ ਵਿੱਚ ਬੱਚੇ ਅਤੇ ਬਜ਼ੁਰਗਾਂ ਹੁੰਦੇ ਹਨ ਜਿਨਾਂ ਲਈ ਇਹ ਵਾਇਰਸ ਖਤਰਨਾਕ ਸਾਬਤ ਹੋ ਸਕਦਾ ਹੈ। ਉਨਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਮੁਹੱਲਿਆਂ ਅਤੇ ਬਜ਼ਾਰਾਂ ਵਿੱਚ ਜਾ ਕੇ ਟੈਸਟ ਕੀਤੇ ਜਾ ਰਹੇ ਹਨ ਅਤੇ ਲੋਕਾਂ ਨੂੰ ਆਪਣੇ ਸੈਂਪਲ ਦੇਣ ਸਮੇਂ ਸਹਿਯੋਗ ਕਰਨਾ ਚਾਹੀਦਾ ਹੈ।